ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਦੇ ਵਿਦਿਆਰਥੀਆਂ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੇ ਹਲਕਾ ਕਾਦੀਆਂ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਕਸ਼ਮੀਰੀ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਦੇਸ਼ ਭਗਤ ਯੂਨੀਵਰਸਿਟੀ ’ਤੇ ਸਖਤ ਕਾਰਵਾਈ ਕੀਤੀ ਜਾਵੇ।
ਬਾਜਵਾ ਨੇ ਕਿਹਾ ਕਿ ਜੰਮੂ ਕਸ਼ਮੀਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਪ੍ਰਾਪਤ ਪੱਤਰ ਵਿੱਚ ਦੋਸ਼ ਲਗਾਏ ਗਏ ਹਨ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦੇਸ਼ ਭਗਤ ਯੂਨੀਵਰਸਿਟੀ ਨਾਲ ਜੁੜੇ ਕਾਲਜ ਦੂਜੇ ਕਾਲਜ ਵਿਚ ਤਬਦੀਲ ਕਰ ਦਿੱਤਾ ਹੈ, ਕਿਉਂਕਿ ਦੇਸ਼ ਭਗਤ ਯੂਨੀਵਰਸਿਟੀ ਰੈਗੂਲੇਟਰੀ ਸੰਸਥਾਵਾਂ ਦੁਆਰਾ ਨਿਰਧਾਰਤ ਦਾਖਲਾ ਕੋਟੇ ਤੋਂ ਵੱਧ ਸੀ। ਇਸ ਤੋਂ ਇਲਾਵਾ ਦੂਜੇ ਕਾਲਜ ਨੂੰ ਇੰਡੀਅਨ ਨਰਸਿੰਗ ਕੌਂਸਲ ਅਤੇ ਪੰਜਾਬ ਨਰਸਿੰਗ ਰਜਿਸਟੇ੍ਰਸ਼ਨ ਕੌਂਸਲ ਤੋਂ ਮਾਨਤਾ ਨਹੀਂ ਮਿਲਦੀ, ਜਿਸ ਨਾਲ ਇਨ੍ਹਾਂ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਸਭਾਵਨਾਵਾਂ ਖਤਰੇ ਵਿੱਚ ਪੈ ਜਾਂਦੀਆਂ ਹਨ। ਇਸ ਬੇਇਨਸਾਫ਼ੀ ਨੂੰ ਸੁਧਾਰਨ ਅਤੇ ਇਨ੍ਹਾਂ ਸਮਰਪਿਤ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਕੀਤੀ ਜਾਵੇ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਬਾਜਵਾ ਨੇ ਮੰਗ ਕੀਤੀ ਕਿ ਦੇਸ਼ ਭਗਤ ਯੂਨੀਵਰਸਿਟੀ ਦੇ ਕਥਿਤ ਤੌਰ ’ਤੇ ਵੱਧ ਦਾਖਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਜਾਵੇ ਤਾਂ ਜੋ ਸਹੀ ਤੱਥਾਂ ਦਾ ਪਤਾ ਲੱਗ ਸਕੇ। ਸਰਦਾਰ ਲਾਲ ਸਿੰਘ ਕਾਲਜ ਵੱਲੋਂ ਇੰਡੀਅਨ ਕੌਂਸਲ ਅਤੇ ਪੰਜਾਬ ਨਰਸਿੰਗ ਰਜਿਸਟੇ੍ਰਸ਼ਨ ਕੌਂਸਲ ਤੋਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਮਾਨਤਾ ਪ੍ਰਾਪਤ ਸੰਸਥਾ ਵਿੱਚ ਤਬਦੀਲ ਕੀਤਾ ਜਾਵੇ ਜਾਂ ਸਹੀ ਇਜਾਜ਼ਤ ਤਹਿਤ ਦੇਸ਼ ਭਗਤ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਜਾਰੀ ਰੱਖਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਤੇ ਕਸ਼ਮੀਰੀ ਵਿਦਿਆਰਥੀ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਜਾਵੇ ਤਾਂ ਜੋ ਇਸ ਮਾਮਲੇ ਨੂੰ ਸਮਝਾਉਣ ਵਿੱਚ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਉਮੀਦਾਂ ਨੂੰ ਸਮਝਿਆ ਜਾ ਸਕੇ। ਦੂਜੇ ਪਾਸੇ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਲੱਗੇ ਦੋਸ਼ਾਂ ਤੋ ਇਨਕਾਰ ਕੀਤਾ ਹੈ।