ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Mann) ਨੇ ਪੈਰਿਸ ਓਲੰਪਿਕਸ(Paris Olympics) ’ਚ ਕਾਂਸੇ ਦਾ ਮੈਡਲ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ(Hockey team) ਨੂੰ ਵਧਾਈ ਦਿੰਦਿਆਂ ਟੀਮ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਹਾਕੀ ਟੀਮ ’ਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ’ਚ ਸ਼ਾਨਦਾਰ ਹਾਕੀ ਖੇਡੀ। ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ। ਮਾਨ ਨੇ ਕਿਹਾ ਕਿ 52 ਸਾਲ ਬਾਅਦ ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੋ ਵਾਰ ਓਲੰਪਿਕਸ ’ਚ ਮੈਡਲ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਮੈਡਲ 1968 ਮੈਕਸੀਕੋ ਤੇ 1972 ਮਿਊਨਿਖ ਜਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਪੇਨ ਵਿਰੁੱਧ ਇਸ ਸ਼ਾਨਦਾਰ ਜਿੱਤ ਨਾਲ ਸਮੁੱਚੀ ਟੀਮ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਜਿੱਤ ਖੇਡ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ।