ਲੁਧਿਆਣਾ : ਸਕੂਲ ਗਈ ਅੱਠਵੀਂ ਜਮਾਤ ਦੀ ਵਿਦਿਆਰਥਣ ਭੇਦ ਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਈ। 2 ਦਿਨਾਂ ਤੱਕ ਲੜਕੀ ਦੀ ਤਲਾਸ਼ ਕਰਨ ਦੇ ਬਾਵਜੂਦ ਉਸ ਸਬੰਧੀ ਕੋਈ ਸੂਚਨਾ ਨਹੀਂ ਮਿਲੀ। ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜਾਹਿਰ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਬੇਟੀ ਨੂੰ ਆਪਣੇ ਨਿੱਜੀ ਸਵਾਰਥ ਲਈ ਨਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ।ਇਸ ਮਾਮਲੇ ਸਬੰਧੀ ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗਿਆਸਪੁਰਾ ਦੇ ਇੱਕ ਮੁਹੱਲੇ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਸ ਦੀ 13 ਸਾਲ ਦੀ ਬੇਟੀ ਹਰ ਰੋਜ਼ ਵਾਂਗ 28 ਅਪ੍ਰੈਲ ਨੂੰ ਸਕੂਲ ਗਈ। ਸਕੂਲ ਤੋਂ ਛੁੱਟੀ ਹੋਣ ਦੇ ਬਾਅਦ ਵੀ ਲੜਕੀ ਜਦੋਂ ਘਰ ਨਾ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। 2 ਦਿਨਾਂ ਤੱਕ ਰਿਸ਼ਤੇਦਾਰਾਂ ਅਤੇ ਵਾਕਫ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਪਰ ਲੜਕੀ ਸਬੰਧੀ ਕੋਈ ਸੂਚਨਾ ਨਾ ਮਿਲੀ।ਵਿਦਿਆਰਥਣ ਦੇ ਪਿਤਾ ਨੇ ਥਾਣਾ ਡਾਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੰਜ ਜਾਪਦਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਬੇਟੀ ਨੂੰ ਅਗਵਾ ਕਰਕੇ ਲੁਕਾ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਾਬਾ ਦੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।