ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਮਾਤਾ ਸਾਹਿਬ ਕੌਰ ਹੋਸਟਲ ਦੇ ਕਮਰੇ ਵਿਚ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਪਛਾਣ ਜਸਪ੍ਰੀਤ ਕੌਰ ਵਾਸੀ ਪਿੰਡ ਜੋਗਾ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਹੋਸਟਲ ਵਾਰਡਨ ਵੱਲੋਂ ਅਥਾਰਟੀ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਥਾਣਾ ਅਰਬਨ ਅਸਟੇਟ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਹੁੰਚਾ ਦਿੱਤਾ ਹੈ। ਜਸਪ੍ਰੀਤ ਕੌਰ ਪੰਜਾਬੀ ਯੂਨੀਵਰਸਿਟੀ ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸ ਵਿੱਚ ਤੀਜੇ ਸਾਲ ਦੀ ਵਿਦਿਆਰਥਣ ਸੀ ਜਿਸ ਦੀ ਲਾਸ਼ ਹੋਸਟਲ ਦੇ ਕਮਰਾ ਨੰਬਰ 119 ਵਿਚ ਲਟਕਦੀ ਮਿਲੀ। ਵਿਦਿਆਰਥਣ ਦੀ ਮੌਤ ’ਤੇ ਪੰਜਾਬੀ ਯੂਨੀਵਰਸਿਟੀ ਨੇ ਯੂਨੀਵਰਸਿਟੀ ਅਥਾਰਟੀਜ਼ ਵੱਲੋਂ ਇਸ ਘਟਨਾ ਉੱਤੇ ਡੂੰਘੀ ਸੰਵੇਦਨਾ ਪ੍ਰਗਟਾਈ ਗਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਨੁਸਾਰ ਸੂਚਨਾ ਮਿਲਣ ਉੱਤੇ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਦੀ ਅਗਵਾਈ ਵਿੱਚ ਮੁੱਖ ਸੁਰੱਖਿਆ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਸਬੰਧਤ ਅਮਲਾ ਤੁਰੰਤ ਮੌਕੇ ਉੱਤੇ ਪਹੁੰਚ ਗਿਆ ਸੀ। ਇਸ ਬਾਰੇ ਸਥਾਨਕ ਪੁਲਿਸ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਅਰਬਨ ਅਸਟੇਟ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਨਾ ਕੋਈ ਖੁਦਕੁਸ਼ੀ ਨੋਟ ਮਿਲਿਆ ਹੈ ਤੇ ਨਾ ਹੀ ਕਾਰਨਾਂ ਦਾ ਪਤਾ ਲੱਗਿਆ ਹੈ।