ਪਟਿਆਲਾ: ਕੇਂਦਰ ਦੀ ਬੀਜੇਪੀ ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਗੱਲ ਦਾ ਖਦਸ਼ਾ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਅੱਜ ਕੀਤਾ ਗਿਆ।ਡਾਕਟਰ ਬਲਬੀਰ ਸਿੰਘ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੇ ਇਤਰਾਜ਼ ਦੇ ਬਾਵਜੂਦ ਹਰਿਆਣੇ ਨੂੰ 8500 ਕਿਊਸਿਕ ਪਾਣੀ ਦੇਣ ਤੇ ਟਿੱਪਣੀ ਕਰ ਰਹੇ ਸਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਉੱਤੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਾਰਤ ਜਨਤਾ ਪਾਰਟੀ ਆਗੂ ਇਹ ਦੱਸਣ ਕਿ ਉਹ ਪੰਜਾਬ ਦੇ ਨਾਲ ਹਨ ਜਾਂ ਹਰਿਆਣੇ ਦੇ ਨਾਲ ਹਨ।ਉਹਨਾਂ ਨੇ ਕਾਂਗਰਸ ਦੇ ਨੇਤਾਵਾਂ ਨੂੰ ਵੀ ਆੜੇ ਹੱਥੀਂ ਲੈਂਦੇ ਕਿਹਾ ਕਿ ਹਿਮਾਚਲ ਦੀ ਸਰਕਾਰ ਜੋ ਕਿ ਕਾਂਗਰਸ ਦੀ ਅਗਵਾਈ ਹੇਠ ਚੱਲ ਰਹੀ ਹੈ ਉਹਨਾਂ ਵੱਲੋਂ ਇਸ ਮਾਮਲੇ ਤੇ ਨਿਊਟਰਲ ਸਟੈਂਡ ਕਿਉਂ ਲਿਆ ਗਿਆ?ਉਨ੍ਹਾਂ ਨੇ ਕਾਂਗਰਸ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਬੇਇਨਸਾਫੀ ਦੇ ਵਿਰੁੱਧ ਇਕੱਠੇ ਹੋ ਕੇ ਸੰਘਰਸ਼ ਲੜੀਏ।
ਮੰਤਰੀ ਹਰਪਾਲ ਚੀਮਾ ਨੇ ਫੈਸਲੇ ਦੀ ਕੀਤੀ ਸਖ਼ਤ ਨਿੰਦਾ
ਬੀਬੀਐਮਬੀ ਤੋਂ ਹਰਿਆਣਾ ਨੂੰ ਹੋਰ ਪਾਣੀ ਦੇ ਕੇ, ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਸਾਬਤ ਕੀਤਾ ਹੈ।ਹਰਿਆਣਾ ਨੂੰ ਪਹਿਲਾਂ ਹੀ ਬਣਦਾ ਪਾਣੀ ਦਿੱਤਾ ਜਾ ਰਿਹਾ ਸੀ ਪਰ ਹੋਰ ਪਾਣੀ ਦੇਣਾ ਪੰਜਾਬ ਨਾਲ ਧੋਖਾ ਹੈ। ਪੰਜਾਬ ਦੇ ਕਿਸਾਨ ਪਾਣੀ ਦੀ ਹਰ ਬੂੰਦ ਲਈ ਤਰਸ ਰਹੇ ਹਨ ਅਤੇ ਭਾਜਪਾ ਹਰਿਆਣਾ ਨੂੰ ਪਾਣੀ ਦੇ ਕੇ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ।ਭਾਜਪਾ ਸਰਕਾਰ ਪੰਜਾਬ, ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਮੰਤਰੀ ਹਰਪਾਲ ਚੀਮਾ ਨੇ ਇਸ ਫੈਸਲੇ ਦੀ ਸਖ਼ਤ ਨਿੰਦਾ ਕੀਤੀ।
ਮੰਤਰੀ ਲਾਲਚੰਦ ਕਟਾਰੂਚੱਕ ਨੇ ਫ਼ੈਸਲੇ ਦੀ ਕੀਤੀ ਨਿੰਦਾ
ਬੀਬੀਐਮਬੀ ਤੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਪੰਜਾਬ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਰਗਾ ਹੈ।ਭਾਜਪਾ ਦੇ ਅਜਿਹੇ ਫੈਸਲੇ ਪੰਜਾਬੀਆਂ ਦੇ ਮਨੋਬਲ ਨੂੰ ਨਹੀਂ ਤੋੜ ਸਕਦੇ। ਭਾਜਪਾ ਨੂੰ ਪੰਜਾਬੀਆਂ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨਾ ਚਾਹੀਦਾ ਹੈ। ਭਾਜਪਾ ਪੰਜਾਬ ਭਰ ਵਿੱਚ ਪੰਜਾਬ ਵਿਰੋਧੀ ਮਾਹੌਲ ਬਣਾ ਕੇ ਆਪਣੇ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਕੋਲ ਬਿਲਕੁਲ ਵੀ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਅਸੀਂ ਪੰਜਾਬ ਦੇ ਪਾਣੀਆਂ ਦੀ ਮਜ਼ਬੂਤੀ ਨਾਲ ਰਾਖੀ ਕਰਾਂਗੇ।