ਬਠਿੰਡਾ : ਬੀਤੀ ਦੋ ਅਪ੍ਰੈਲ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੀ ਗਈ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸਨੇ 29 ਅਪ੍ਰੈਲ ਨੂੰ ਅਦਾਲਤ ’ਚ ਅਰਜ਼ੀ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਮਨਦੀਪ ਕੌਰ ਨੂੰ ਜ਼ਮਾਨਤ ਦੇਣ ਦਾ ਫ਼ੈਸਲਾ ਸੁਣਾਇਆ। ਹਾਲਾਂਕਿ ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਇਸ ਦੌਰਾਨ ਅਮਨਦੀਪ ਕੌਰ ਬਿਨਾਂ ਇਜਾਜ਼ਤ ਦੇਸ਼ ਨਹੀਂ ਛੱਡੇਗੀ। ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗੀ ਤੇ ਇਸ ਕੇਸ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਧਮਕੀ ਜਾਂ ਉਕਸਾਉਣ ਦੀ ਕੋਸ਼ਿਸ਼ ਨਹੀਂ ਕਰੇਗੀ। ਉਸ ਨੂੰ ਹਰ ਪੇਸ਼ੀ ’ਤੇ ਅਦਾਲਤ ’ਚ ਪੇਸ਼ ਹੋਣਾ ਹੋਵੇਗਾ, ਜੇਕਰ ਉਹ ਅਜਿਹਾ ਨਹੀਂ ਕਰੇਗੀ ਤਾਂ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪੁਲਿਸ ਨੇ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਮਾਮਲਾ ਚਰਚਾ ’ਚ ਆਉਣ ਤੋਂ ਬਾਅਦ ਡੀਜੀਪੀ ਨੇ ਮਹਿਲਾ ਕਾਂਸਟੇਬਲ ਨੂੰ ਬਰਖ਼ਾਸਤ ਕਰ ਦਿੱਤਾ ਸੀ। ਮਹਿਲਾ ਕਾਂਸਟੇਬਲ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਮਨਦੀਪ ਕੌਰ ਜਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਦੀ ਸੁਣਵਾਈ ਵੀਰਵਾਰ ਨੂੰ ਐਨਡੀਪੀਐਸ ਮਾਮਲਿਆਂ ਦੀ ਸੁਣਵਾਈ ਲਈ ਬਣਾਈ ਗਈ ਸਪੈਸ਼ਲ ਅਦਾਲਤ ’ਚ ਹੋਈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਮਹਿਲਾ ਕਾਂਸਟੇਬਲ ਤੋਂ ਹੈਰੋਇਨ ਬਰਾਮਦ ਨਹੀਂ ਹੋਈ ਸਗੋਂ ਉਸਨੂੰ ਫਸਾਇਆ ਗਿਆ ਹੈ। ਅਦਾਲਤ ਨੇ ਅਮਨਦੀਪ ਕੌਰ ਨੂੰ 50 ਹਜ਼ਾਰ ਰੁਪਏ ਰੁਪਏ ਦਾ ਬਾਂਡ ਭਰਨ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਜੇ ਤਕ ਚਲਾਨ ਅਦਾਲਤ ’ਚ ਪੇਸ਼ ਨਹੀ ਕੀਤਾ।