ਸੰਗਰੂਰ – ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ੋਨਲ ਇਕਾਈ ਵੱਲੋਂ ਅੱਜ ਬਰਨਾਲਾ ਕੈਂਚੀਆਂ ਮੋੜ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਮੀਟਿੰਗ ਲਗਾਤਾਰ ਰੱਦ ਕਰਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਅਧਿਆਪਕ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਸਰਕਾਰ ਦੀ ਵਾਅਦਾਖਿਲਾਫ਼ੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ।
ਯੂਨੀਅਨ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਲਈ ਮੀਟਿੰਗਾਂ ਦੀਆਂ ਮਿਤੀਆਂ ਵਾਰ ਵਾਰ ਅੱਗੇ ਧਕੀਆਂ ਜਾ ਰਹੀਆਂ ਹਨ। ਪਹਿਲਾਂ 25 ਜੂਨ ਨੂੰ ਹੋਣ ਵਾਲੀ ਮੀਟਿੰਗ ਵੀ ਰੱਦ ਹੋ ਚੁੱਕੀ ਹੈ।
ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਕਿਹਾ ਕਿ ਸਰਕਾਰ ਸਿਰਫ਼ ਲਾਰੇ ਲਾ ਰਹੀ ਹੈ। ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ।
ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਵੀ ਮੰਗ ਕੀਤੀ ਕਿ 8886 ਅਧਿਆਪਕਾਂ ਦੀ ਤਰਜ਼ ਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਵੀ ਤੁਰੰਤ ਰੈਗੂਲਰ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੇ ਨਤੀਜੇ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਹੇ ਹਨ।
ਇਹ ਵੀ ਦੱਸਣਯੋਗ ਹੈ ਕਿ ਤਿੱਖੀ ਮੀਂਹ ਹੋਣ ਦੇ ਬਾਵਜੂਦ ਅਧਿਆਪਕਾਂ ਨੇ ਰੋਸ ਪ੍ਰਗਟਾਇਆ। ਪ੍ਰਸ਼ਾਸਨ ਵੱਲੋਂ 29 ਜੁਲਾਈ 2025 ਨੂੰ ਸਬ-ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਪ੍ਰਦਰਸ਼ਨ ਖਤਮ ਕੀਤਾ ਗਿਆ। ਪਰ ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇ ਮੀਟਿੰਗ ਨਾ ਹੋਈ ਤਾਂ ਅੰਦੋਲਨ ਹੋਰ ਉਗਰ ਹੋਵੇਗਾ।
ਇਸ ਦੌਰਾਨ ਡਾ. ਟੀਨਾ, ਡਾ. ਅਜੈ ਸ਼ਰਮਾ, ਵਿਪਨੀਤ ਕੌਰ, ਜਸਵਿੰਦਰ ਸਿੰਘ, ਮਨਜਿੰਦਰ ਕੌਰ, ਸੁਖਜੀਤ ਸਿੰਘ, ਮਨੋਜ ਕੁਮਾਰ, ਵਿਕਾਸ ਕੁਮਾਰ ਅਤੇ ਕੇਵਲ ਸਿੰਘ ਹਾਜ਼ਰ ਰਹੇ।