ਪ੍ਰਧਾਨ ਮੰਤਰੀ ਮੋਦੀ ਸਿੱਖ ਬਚਿਆਂ ਨਾਲ ਕਕਾਰਾਂ ਕਾਰਨ ਹੋ ਰਹੇ ਵਿਤਕਰੇ ਰੋਕਣ ਲਈ ਨਿੱਜੀ ਦਖ਼ਲ ਦੇਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ, 27 ਜੁਲਾਈ, 2025:
ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰਾਜਸਥਾਨ ਹਾਈ ਕੋਰਟ ਸਿਵਲ ਜੱਜ ਭਰਤੀ ਪ੍ਰੀਖਿਆ ਲਈ ਜੈਪੁਰ ਪਹੁੰਚੀ ਅੰਮ੍ਰਿਤਧਾਰੀ ਲੜਕੀ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਹਿਨਣ ਦੇ ਆਧਾਰ 'ਤੇ ਪ੍ਰੀਖਿਆ ਹਾਲ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਭਾਰਤੀ ਸੰਵਿਧਾਨ ਅਤੇ ਸਿੱਖ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ। ਉਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਹਰਾਉਣ ਤੋਂ ਰੋਕਣ ਲਈ ਤੁਰੰਤ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਉਣ ਦੀ ਤਿਆਰੀ ਕਰ ਰਿਹਾ ਹੈ, ਅਜਿਹੀ ਸਥਿਤੀ ਵਿੱਚ ਇਹ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਬੱਚਿਆਂ ਨੂੰ ਸਿੱਖ ਕਕਾਰ ਕਿਰਪਾਨ ਅਤੇ ਕੜਾ ਪਹਿਨਣ ਕਾਰਨ ਪ੍ਰੀਖਿਆ ਕੇਂਦਰਾਂ ਵਿੱਚ ਦਾਖਲ ਹੋਣ ਤੋਂ ਰੋਕਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਿੱਖਾਂ ਵਿੱਚ ਵਿਰੋਧ ਦਾ ਕਾਰਨ ਬਣਦਾ ਜਾ ਰਿਹਾ ਹੈ।
ਪ੍ਰੋ. ਸਰਚਾਂਦ ਸਿੰਘ ਨੇ ਜ਼ੋਰ ਦੇ ਕੇ ਸਪੱਸ਼ਟ ਕੀਤਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਅਤੇ 29 ਸਿੱਖਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦਾ ਪੂਰਾ ਅਧਿਕਾਰ ਦਿੰਦੀ ਹੈ। ਪ੍ਰੀਖਿਆ ਕੇਂਦਰਾਂ, ਹਵਾਈ ਅੱਡਿਆਂ ਅਤੇ ਹੋਰ ਸਰਕਾਰੀ- ਨਿੱਜੀ ਸੰਸਥਾਵਾਂ ਵਿੱਚ ਸਿੱਖਾਂ ਨਾਲ ਅਜਿਹਾ ਵਿਤਕਰਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪ੍ਰੋ. ਸਰਚਾਂਦ ਸਿੰਘ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਕਦਮ ਉਨ੍ਹਾਂ ਤੱਤਾਂ ਦੀ ਸਾਜ਼ਿਸ਼ ਹੋ ਸਕਦੇ ਹਨ ਜੋ ਸਿੱਖਾਂ ਅਤੇ ਭਾਜਪਾ ਵਿਚਕਾਰ ਬਣੇ ਵਿਸ਼ਵਾਸ ਨੂੰ ਕਮਜ਼ੋਰ ਕਰਕੇ ਸਿੱਖਾਂ ਨੂੰ ਹਾਸ਼ੀਏ 'ਤੇ ਧੱਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਦਾ ਮਾਮਲਾ ਉੱਥੇ ਦੀ ਭਾਜਪਾ ਸਰਕਾਰ ਦੀ ਛਵੀ 'ਤੇ ਸਵਾਲ ਹੀ ਨਹੀਂ ਉਠਾਉਂਦਾ ਸਗੋਂ ਭਾਜਪਾ ਸਰਕਾਰ ਦਾ ਅਕਸ ਖ਼ਰਾਬ ਕਰਨ ਦਾ ਸਾਧਨ ਬਣਦਾ ਹੈ। ਇਸ ਲਈ, ਸਿੱਖਾਂ ਨਾਲ ਵਿਤਕਰਾ ਕਰਨ ਵਾਲੇ ਅਧਿਕਾਰੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਰਕਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿੱਖਾਂ ਦੀ ਧਾਰਮਿਕ ਪਛਾਣ ਨਾਲ ਕੋਈ ਛੇੜਛਾੜ ਨਾ ਹੋਵੇ ਅਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਨਾਲ ਕੋਈ ਸਮਝੌਤਾ ਨਾ ਹੋਵੇ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ। ਸਿੱਖਾਂ ਨਾਲ ਵਿਤਕਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਇੱਕ ਨੋਟੀਫ਼ਿਕੇਸ਼ਨ ਜਾਰੀ ਕਰੇ ਅਤੇ ਸਾਰੇ ਰਾਜਾਂ ਅਤੇ ਪ੍ਰੀਖਿਆ ਬੋਰਡਾਂ, ਪ੍ਰੀਖਿਆ ਕੇਂਦਰਾਂ, ਹਵਾਈ ਅੱਡਿਆਂ, ਸਰਕਾਰੀ ਅਤੇ ਨਿੱਜੀ ਸੰਸਥਾਵਾਂ ਵਿੱਚ ਸੁਰੱਖਿਆ ਜਾਂਚ ਪ੍ਰਕਿਰਿਆ ਦੌਰਾਨ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਪ੍ਰਤੀ ਪੂਰਾ ਸਤਿਕਾਰ ਦਿਖਾਇਆ ਜਾਵੇਗਾ ਅਤੇ ਇਸ ’ਤੇ ਅਮਲ ਨਾ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।