ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਲੋਨੀ ਵਿੱਚ ਕੱਲ੍ਹ ਰਾਤ ਇੱਕ ਚੌਕਾਉਣ ਵਾਲੀ ਘਟਨਾ ਵਿੱਚ ਸਤਿਗੁਰੂ ਮੈਡੀਕਲ ਸਟੋਰ ਦੇ ਮਾਲਕ ਅਰੁਣਦੀਪ ਸਿੰਘ ਅਤੇ ਉਸਦੇ ਭਰਾ ਉੱਤੇ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰ ਦਾਤਰ, ਗਾਤਰੇ ਅਤੇ ਹੋਰ ਨੁਕੀਲੇ ਹਥਿਆਰਾਂ ਨਾਲ ਲੈਸ ਸਨ ਅਤੇ ਮੂੰਹ ਬੰਨ੍ਹ ਕੇ ਸਟੋਰ ਅੰਦਰ ਦਾਖਲ ਹੋਏ।
ਹਮਲੇ ਦੌਰਾਨ ਅਰੁਣਦੀਪ ਨੂੰ ਗੰਭੀਰ ਚੋਟਾਂ ਆਈਆਂ ਜਦਕਿ ਉਸਦਾ ਭਰਾ ਵੀ ਉਸਦੀ ਰਾਖੀ ਕਰਦੇ ਹੋਏ ਜ਼ਖ਼ਮੀ ਹੋ ਗਿਆ। ਦੋਵੇਂ ਭਰਾਵਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਘਟਨਾ ਤੋਂ ਬਾਅਦ ਪਰਿਵਾਰ ਨੇ ਤੁਰੰਤ 112 ਨੰਬਰ ’ਤੇ ਸੂਚਨਾ ਦਿੱਤੀ, ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਵਕਤ ’ਤੇ ਮੌਕੇ ’ਤੇ ਪਹੁੰਚ ਕੇ ਕੋਈ ਕਾਰਵਾਈ ਨਹੀਂ ਕੀਤੀ।
ਇਸ ਸੰਬੰਧ ਵਿੱਚ ਅੱਜ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਹਰਸੰਦੀਪ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਪਛਾਣ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ ਜੋ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤਾਂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਹੋ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।