ਜਲਾਲਾਬਾਦ: ਬੇਰੁਜ਼ਗਾਰ ਬੀਐਡ-ਟੈਟ ਪਾਸ ਯੂਨੀਅਨ ਵੱਲੋਂ ਜਲਾਲਾਬਾਦ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਸੂਬਾ ਪ੍ਰਧਾਨ ਜਸਵੰਤ ਘੁਬਾਇਆ ਅਤੇ ਹੋਰ ਆਗੂਆਂ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੇ ਦਾਅਵੇ ਕਰਦੇ ਹਨ, ਪਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਮਾਸਟਰ ਕੇਡਰ ਅਤੇ ਲੈਕਚਰਾਰ ਭਰਤੀਆਂ ਦਾ ਕੋਈ ਇਸ਼ਤਿਹਾਰ ਜਾਰੀ ਨਹੀਂ ਹੋਇਆ। ਸਿੱਖਿਆ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਰੱਦ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਵਿੱਚ ਗੁੱਸਾ ਵੱਧ ਰਿਹਾ ਹੈ।
ਯੂਨੀਅਨ ਨੇ ਮੰਗ ਕੀਤੀ ਕਿ ਮਾਸਟਰ ਕੇਡਰ ਤੇ ਲੈਕਚਰਾਰਾਂ ਦੇ ਸਾਰੇ ਵਿਸ਼ਿਆਂ ਵਿੱਚ ਵੱਡੀ ਭਰਤੀ ਕੀਤੀ ਜਾਵੇ, ਭਰਤੀਆਂ ਵਿੱਚੋਂ 55% ਰਦ ਨੀਤੀ ਖਤਮ ਹੋਵੇ ਅਤੇ ਉਮਰ ਹੱਦ ਵਿੱਚ ਵਾਧਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।