ਅਸਾਮ ਦੀ ਧਰਤੀ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦਾ 350 ਸਾਲਾ ਸ਼ਤਾਬਦੀ ਸਮਾਗਮ:
-ਭਲਕੇ ਨਗਰ ਕੀਰਤਨ ਦੀ ਅਰੰਭਤਾ ਮੌਕੇ ਸ਼ਾਮਲ ਹੋਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸਿੱਖ ਜਥੇਬੰਦੀਆਂ ਦੇ ਮੁੱਖੀ ਪੁੱਜੇ ਅਸਾਮ
-ਸਿੱਖ ਸ਼ਖ਼ਸੀਅਤਾਂ ਦਾ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ
-ਭਲਕੇ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 20 ਅਗਸਤ-
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਦੀ ਅਰੰਭਤਾ ਲਈ ਅਸਾਮ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਸਮੂਹ ਪੰਥਕ ਸ਼ਖ਼ਸੀਅਤਾਂ ਦਾ ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਹ ਇਤਿਹਾਸਕ ਨਗਰ ਕੀਰਤਨ ਭਲਕੇ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਵੇਗਾ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਨਵੰਬਰ ਮਹੀਨੇ ਵਿੱਚ ਸ਼ਤਾਬਦੀ ਸਮਾਗਮਾਂ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸੰਗਤਾਂ ਨੂੰ ਸੰਬੋਧਨ ਕੀਤਾ।
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਜ਼ੂਰੀ ਰਾਗੀ ਜਥਿਆਂ ਨੇ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਦੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਗੁਰਮਤਿ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਚਾਰਕ ਤੇ ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ।
ਇਸੇ ਦੌਰਾਨ ਸ੍ਰੀ ਦਿਪਾਕਰ ਨਾਥ ਡਿਪਟੀ ਕਮਿਸ਼ਨਰ ਜ਼ਿਲ੍ਹਾ ਧੋਬੜੀ ਨੇ ਅਸਾਮ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਬਿਸਵਾ ਸ਼ਰਮਾ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਪੰਥਕ ਸ਼ਖ਼ਸੀਅਤਾਂ ਦੀ ਅਗਵਾਈ ਵਿੱਚ ਪੁੱਜੇ ਵਫ਼ਦ ਦਾ ਧੋਬੜੀ ਸਾਹਿਬ ਪੁੱਜਣ ਉੱਤੇ ਨਿੱਘਾ ਸੁਆਗਤ ਕੀਤਾ। ਸ੍ਰੀ ਦਿਪਾਕਰ ਨਾਥ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੇਰੀ ਖੁਸ਼ਕਿਸਮਤੀ ਹੈ ਕਿ ਸਰਕਾਰ ਵੱਲੋਂ ਮੈਨੂੰ ਪ੍ਰਬੰਧਕ ਦੇ ਤੌਰ ਤੇ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਸਾਮ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸਮੂਲੀਅਤ ਨਾਲ
ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਅਜ਼ਾਦੀ ਤੇ ਸਦਭਾਵਨਾ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਹੋ ਰਹੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਰਾਮ ਸਿੰਘ ਰਾਠੌਰ ਮੁੰਬਈ, ਸਥਾਨਕ ਸਿੱਖ ਆਗੂ ਸ. ਹਰਚਰਨ ਸਿੰਘ ਬਾਵਾ, ਸ. ਚਰਨਜੀਤ ਸਿੰਘ ਗਾਂਧੀ, ਸ. ਰਵਿੰਦਰ ਸਿੰਘ ਉਬਰਾਏ, ਸ. ਤੇਜਪਾਲ ਸਿੰਘ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਸੁਖਜੀਤ ਸਿੰਘ ਘਨੱਈਆ, ਸ. ਜਸਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਬੰਧਕ ਕਮੇਟੀ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਧਾਨ ਸ. ਦਲਜੀਤ ਸਿੰਘ ਸੇਠੀ, ਸਕੱਤਰ ਸ. ਭੁਪਿੰਦਰ ਸਿੰਘ, ਸ. ਰਵਿੰਦਰਪਾਲ ਸਿੰਘ ਤੇ ਸ. ਭੁਪਿੰਦਰਪਾਲ ਸਿੰਘ ਆਦਿ ਹਾਜ਼ਰ ਸਨ।