ਪਠਾਨਕੋਟ, 26 ਅਗਸਤ 2025 : ਪਠਾਨਕੋਟ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਨੰਬਰ 0186-2346944 ਜਾਰੀ ਕੀਤਾ ਗਿਆ ਹੈ, ਜੋ 24 ਘੰਟੇ ਚੱਲ ਰਿਹਾ ਹੈ। ਇਸ ਨੰਬਰ ’ਤੇ ਫੋਨ ਕਰਕੇ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਡੀਸੀ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਸੰਭਾਵਿਤ ਹੜ੍ਹ ਸਥਿਤੀ ਨੂੰ ਵੇਖਦਿਆਂ ਦੋ ਸਥਾਨਾਂ ਤੇ ਸ਼ਰਨਾਰਥੀ ਕੈਂਪ ਬਣਾਏ ਗਏ ਹਨ – ਸ੍ਰੀ ਰਾਧਾ ਸਵਾਮੀ ਸਤਸੰਗ ਬਿਆਸ ਸੈਂਟਰ ਪਠਾਨਕੋਟ ਅਤੇ ਗੁਰੂਦੁਆਰਾ ਸ੍ਰੀ ਬਾਰਠ ਸਾਹਿਬ। ਇੱਥੇ ਲੋਕਾਂ ਲਈ ਰਹਿਣ-ਖਾਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ।
ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵਿਅਕਤੀ ਰਿਸ਼ਤੇਦਾਰਾਂ ਕੋਲ ਰਹਿ ਰਿਹਾ ਹੈ ਤਾਂ ਉਹ ਵੀ ਇਨ੍ਹਾਂ ਕੈਂਪਾਂ ਵਿੱਚ ਆ ਸਕਦਾ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੰਟਰੋਲ ਰੂਮ ਨੰਬਰ ’ਤੇ ਸੰਪਰਕ ਕਰਕੇ ਤੁਰੰਤ ਸਹਾਇਤਾ ਲੈਣ। ਖਾਣ-ਪੀਣ ਤੇ ਹੋਰ ਜ਼ਰੂਰੀ ਸੁਵਿਧਾਵਾਂ ਵੀ ਇਨ੍ਹਾਂ ਕੈਂਪਾਂ ਵਿੱਚ ਉਪਲਬਧ ਹਨ।
ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਵਾਂ ਤੋਂ ਬਚਣ ਅਤੇ ਕੇਵਲ ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ’ਤੇ ਹੀ ਭਰੋਸਾ ਕਰਨ।