ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), 27 ਅਗਸਤ 2025:
ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਇਸ ਕਾਰਨ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਪੂਰੀ ਤਰ੍ਹਾਂ ਪਾਣੀ ਨਾਲ ਘਿਰ ਗਿਆ। ਸੋਸ਼ਲ ਮੀਡੀਆ ’ਤੇ ਆਈਆਂ ਤਸਵੀਰਾਂ ਵਿੱਚ ਗੁਰਦੁਆਰਾ ਸਾਹਿਬ ਦਾ ਸਾਰਾ ਕੰਪਲੈਕਸ ਪਾਣੀ ਵਿੱਚ ਡੁੱਬਿਆ ਦਿਖਾਈ ਦੇ ਰਿਹਾ ਹੈ।
ਰਿਪੋਰਟਾਂ ਅਨੁਸਾਰ, ਪੂਰਬੀ ਪੰਜਾਬ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡੇ ਜਾਣ ਕਰਕੇ ਪਾਣੀ ਦਾ ਵਹਾਅ ਹੋਰ ਤੇਜ਼ ਹੋ ਗਿਆ ਅਤੇ ਇਸ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਵਿੱਚ ਦਾਖਲ ਹੋ ਕੇ ਹਾਲਾਤ ਗੰਭੀਰ ਬਣਾ ਦਿੱਤੇ।
ਖ਼ੁਸ਼ਕਿਸਮਤੀ ਨਾਲ, ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਹਿਲੀ ਮੰਜ਼ਿਲ ’ਤੇ ਸੁਰੱਖਿਅਤ ਹਨ। ਇਸ ਤੋਂ ਇਲਾਵਾ, ਹਾਲਾਤ ਹੋਰ ਖਰਾਬ ਹੋਣ ਦੀ ਸਥਿਤੀ ਵਿੱਚ ਪਾਕਿਸਤਾਨੀ ਫੌਜ ਵੱਲੋਂ ਸੇਵਾਦਾਰਾਂ ਅਤੇ ਪਵਿੱਤਰ ਸਰੂਪਾਂ ਦੀ ਸੁਰੱਖਿਅਤ ਤੌਰ ’ਤੇ ਉਚਿਤ ਥਾਂ ’ਤੇ ਤਬਦੀਲੀ ਲਈ ਪ੍ਰਬੰਧ ਕੀਤੇ ਜਾ ਰਹੇ ਹਨ।