ਜਲੰਧਰ, 26 ਅਗਸਤ 2025 – ਲਗਾਤਾਰ ਮੀਂਹ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਨੇ ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ 24 ਘੰਟੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਫਿਲਹਾਲ ਹੜ੍ਹ ਦਾ ਕੋਈ ਖਤਰਾ ਨਹੀਂ ਹੈ ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਪਰ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਰਾਹਤ ਕਾਰਜ ਲਈ ਸੈਂਡ ਬੈਗ, ਮਸ਼ੀਨਰੀ ਅਤੇ ਰੈਸਕਿਊ ਟੀਮਾਂ ਤਿਆਰ ਹਨ। ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਸਬ ਡਵੀਜ਼ਨ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਚੱਲ ਰਹੇ ਹਨ।
ਡਾ. ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪਰ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗਾ। ਇਸਦੇ ਤਹਿਤ ਐਸ.ਡੀ.ਐਮਜ਼ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਮੌਕਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।