ਚੰਡੀਗੜ੍ਹ, 15 ਸਤੰਬਰ: ਖਨੌਰੀ ਨੇੜੇ ਪੰਜਾਬ-ਹਰਿਆਣਾ ਬਾਰਡਰ ’ਤੇ ਬਠਿੰਡਾ ਦੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਸੀਬੀਆਈ ਜਾਂਚ ਲਈ ਦਾਖਲ ਕੀਤੀ ਗਈ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਅਦਾਲਤ ਨੇ ਕਿਹਾ ਕਿ ਮਾਮਲਾ ਇਸ ਵੇਲੇ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ, ਜਿੱਥੇ 8 ਦਸੰਬਰ ਨੂੰ ਸੁਣਵਾਈ ਨਿਰਧਾਰਿਤ ਹੈ। ਇਸ ਲਈ ਹੁਣ ਹਾਈ ਕੋਰਟ ਵੱਲੋਂ ਅਗਲੀ ਕਾਰਵਾਈ ਉਸ ਤੋਂ ਬਾਅਦ ਹੀ ਹੋ ਸਕਦੀ ਹੈ।
ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੇ ਹਾਈ ਕੋਰਟ ਦਾ ਰੁਖ ਕਰਦਿਆਂ ਦਲੀਲ ਦਿੱਤੀ ਸੀ ਕਿ ਨਾ ਤਾਂ ਪੰਜਾਬ ਪੁਲਿਸ ਅਤੇ ਨਾ ਹੀ ਹਰਿਆਣਾ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਦੀ ਮੌਤ ਦੀ ਨਿਰਪੱਖ ਜਾਂਚ ਕੀਤੀ ਹੈ। ਇਸ ਲਈ ਮਾਮਲਾ ਸੀਬੀਆਈ ਨੂੰ ਸੌਂਪ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਅੱਜ ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਕਿਸਾਨ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਦੀ ਸੁਣਵਾਈ ਕਰ ਰਹੀ ਹੈ, ਜਦਕਿ ਇਹ ਮਾਮਲਾ ਵੱਖਰਾ ਹੈ, ਕਿਉਂਕਿ ਇਸ ਵਿੱਚ ਇੱਕ ਪਿਤਾ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਮੰਗ ਰਿਹਾ ਹੈ। ਪਰ ਹਾਈ ਕੋਰਟ ਨੇ ਸਪਸ਼ਟ ਕੀਤਾ ਕਿ ਜਦ ਤੱਕ ਸੁਪਰੀਮ ਕੋਰਟ ਵਿੱਚ ਸੁਣਵਾਈ ਪੂਰੀ ਨਹੀਂ ਹੁੰਦੀ, ਉਹ ਇਸ ’ਤੇ ਫੈਸਲਾ ਨਹੀਂ ਕਰ ਸਕਦੇ।
ਸੁਣਵਾਈ ਤੋਂ ਬਾਅਦ ਪਟੀਸ਼ਨਕਰਤਾ ਦੇ ਵਕੀਲ ਨੇ ਐਲਾਨ ਕੀਤਾ ਕਿ ਹੁਣ ਉਹ ਆਪਣੀ ਮੰਗ ਸਿੱਧੇ ਸੁਪਰੀਮ ਕੋਰਟ ਅੱਗੇ ਰੱਖਣਗੇ।
ਦੱਸ ਦਈਏ ਕਿ ਸ਼ੁਭਕਰਨ ਸਿੰਘ ਦੀ ਮੌਤ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ ’ਤੇ ਹੋਏ ਕਿਸਾਨ ਪ੍ਰਦਰਸ਼ਨ ਦੌਰਾਨ ਹੋਈ ਸੀ। ਪ੍ਰਦਰਸ਼ਨਕਾਰੀਆਂ ਵੱਲੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਆਰੋਪ ਹੈ ਕਿ ਸ਼ੁਭਕਰਨ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਹੋਈ ਸੀ।