ਅੰਮ੍ਰਿਤਸਰ, 18 ਸਤੰਬਰ 2025: ਬੀਤੀ ਦੇਰ ਰਾਤ ਗੋਲਡਨ ਅਵਨਿਊ ਦੇ ਬਾਹਰ ਦੋ ਨੌਜਵਾਨਾਂ ਦੀ ਕਾਰ ’ਤੇ ਮੋਟਰਸਾਈਕਲ ਸਵਾਰਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਜ਼ਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਨਿਮਿਸ਼ ਦੇ ਭਰਾ ਅਨੁਸਾਰ, ਮ੍ਰਿਤਕ ਨੂੰ ਲਗਭਗ 14 ਗੋਲੀਆਂ ਲੱਗੀਆਂ। ਉਸਨੇ ਦੱਸਿਆ ਕਿ ਨਿਮਿਸ਼ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਪਛਾਣ ਹੋ ਸਕੇ।