ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਭਾਰਤ ਦੇ ਚੀਫ਼ ਜਸਟਿਸ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 100 ਤੋਂ ਵੱਧ ਖਾਤਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀਆਂ ਹਨ। ਇਹ ਕਾਰਵਾਈ ਸਾਈਬਰ ਕ੍ਰਾਈਮ ਵਿਭਾਗ ਦੀ ਸਿਫਾਰਿਸ਼ 'ਤੇ ਕੀਤੀ ਗਈ ਹੈ।
ਬੀਤੇ ਦਿਨ, ਮੋਹਾਲੀ ਸਥਿਤ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿੱਚ ਕਈ ਵਕੀਲਾਂ ਨੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ ਦੀ ਗੰਭੀਰਤਾ ਬਾਰੇ ਚਰਚਾ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਹ ਐਫਆਈਆਰਜ਼ ਦਰਜ ਕੀਤੀਆਂ ਗਈਆਂ।
ਵਿਭਾਗਕ ਸੂਤਰਾਂ ਅਨੁਸਾਰ, ਕੁਝ ਵਿਅਕਤੀਆਂ ਨੇ ਸੋਸ਼ਲ ਮੀਡੀਆ 'ਤੇ ਉੱਚ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਜਾਤੀ-ਅਧਾਰਿਤ ਅਪਮਾਨਜਨਕ ਟਿੱਪਣੀਆਂ, ਭੜਕਾਊ ਸਮੱਗਰੀ ਅਤੇ ਨਫ਼ਰਤ ਫੈਲਾਉਣ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ। ਇਨ੍ਹਾਂ ਪੋਸਟਾਂ ਦਾ ਉਦੇਸ਼ ਸਮਾਜਿਕ ਤਣਾਅ ਪੈਦਾ ਕਰਨਾ, ਨਿਆਂ ਪ੍ਰਣਾਲੀ ਦੀ ਸ਼ਾਨ ਨੂੰ ਢਾਹ ਲਗਾਉਣਾ ਅਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨਾ ਸੀ।
ਪੁਲਿਸ ਨੇ ਕਿਹਾ ਕਿ ਅਜਿਹੀ ਅਪਮਾਨਜਨਕ ਅਤੇ ਭੜਕਾਊ ਸਮੱਗਰੀ ਪੋਸਟ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਹੋਰ ਤਿੱਖੀ ਕੀਤੀ ਜਾ ਰਹੀ ਹੈ।