ਅੰਮ੍ਰਿਤਸਰ, 21 ਅਕਤੂਬਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼-ਵਿਦੇਸ਼ ਤੋਂ ਆਈ ਲੱਖਾਂ ਸੰਗਤਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਕਈ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਪ੍ਰੇਰਕ ਵਿਚਾਰ ਪੇਸ਼ ਕੀਤੇ। ਇਸੇ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਨੇ ਸਿੱਖਾਂ ਨਾਲ ਹੋ ਰਹੇ ਵਿਤਕਰੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਸਿੱਖ ਕਕਾਰਾਂ 'ਤੇ ਉਠ ਰਹੇ ਸਵਾਲਾਂ ਨੂੰ ਲੈ ਕੇ ਚਿੰਤਾ ਜਤਾਈ ਅਤੇ ਪੰਥਕ ਏਕਤਾ 'ਤੇ ਜ਼ੋਰ ਦਿੱਤਾ।
ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਹੱਕ, ਸੱਚ ਤੇ ਨਿਆਂ ਲਈ ਖੜ੍ਹਾ ਹੋਣ ਦੀ ਪ੍ਰੇਰਣਾ ਦਿੱਤੀ ਸੀ। ਉਨ੍ਹਾਂ ਨੇ ਸਿੱਖ ਕੌਮ ਨੂੰ ਅੰਦਰੂਨੀ ਏਕਤਾ ਬਰਕਰਾਰ ਰੱਖਣ ਅਤੇ ਗੁਰਦੁਆਰਿਆਂ ਦੀ ਪਹਿਰੇਦਾਰੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਰਕਾਰ ਨੂੰ 2019 ਦੇ ਨੋਟੀਫਿਕੇਸ਼ਨ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਜਾਰੀ ਕਰਨ ਲਈ ਕਿਹਾ ਅਤੇ ਸ੍ਰੀ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਵੀ ਕੀਤੀ।
ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਬੰਦੀਛੋੜ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜੀਊਣ ਦੀ ਪ੍ਰੇਰਣਾ ਕੀਤੀ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਦੱਸ ਤੇ ਅਕਾਲੀ ਆਗੂ ਵੀ ਹਾਜ਼ਰ ਸਨ।
ਐਡਵੋਕੇਟ ਧਾਮੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬੰਦੀਛੋੜ ਦਿਵਸ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 52 ਰਾਜਿਆਂ ਨੂੰ ਕੈਦ ਵਿਚੋਂ ਰਿਹਾਅ ਕਰਵਾਉਣ ਦੀ ਯਾਦ ਦਿਵਾਉਂਦਾ ਹੈ, ਜੋ ਮਾਨਵਤਾ ਅਤੇ ਧਾਰਮਿਕ ਅਜ਼ਾਦੀ ਦੀ ਪ੍ਰਤੀਕ ਹੈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਚਲਦੇ ਹੋਏ ਗੁਰਬਾਣੀ ਜਾਪ ਨਾਲ ਆਪਣੇ ਮਨ ਤੇ ਜੀਵਨ ਨੂੰ ਰੌਸ਼ਨ ਕਰਨ।