ਅੰਮ੍ਰਿਤਸਰ, 24 ਅਕਤੂਬਰ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਿੱਖ ਇਤਿਹਾਸ ਦੀਆਂ ਅਹਿਮ ਸ਼ਖਸੀਅਤਾਂ ਭਾਈ ਕੁੰਮਾ ਮਾਸ਼ਕੀ ਜੀ, ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਅਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅਦਾ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਕੌਮ ਲਈ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨਾ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਤੋਂ ਬਾਅਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸੇਵਾ ਕਰਨ ਵਾਲੇ ਭਾਈ ਕੁੰਮਾ ਮਾਸ਼ਕੀ ਜੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ।
ਉਨ੍ਹਾਂ ਨੇ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਧਾਰਮਿਕ ਪ੍ਰਚਾਰ ਅਤੇ ਸਮਾਜ ਸੇਵਾ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੀ ਸਥਾਪਨਾ ਨਾਲ ਮਨੁੱਖਤਾ ਦੀ ਸੇਵਾ ਕੀਤੀ। ਇਸੇ ਤਰ੍ਹਾਂ ਬਾਬਾ ਮੋਹਨ ਸਿੰਘ ਮਤਵਾਲਾ ਵੱਲੋਂ ਸਥਾਪਿਤ ਗੁਰਮਤਿ ਵਿਦਿਆਲਾ ਰਾਹੀਂ ਤਿਆਰ ਕੀਤੇ ਗ੍ਰੰਥੀ, ਰਾਗੀ ਅਤੇ ਕਥਾਵਾਚਕ ਸਿੱਖੀ ਪ੍ਰਚਾਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਓਰੋਂ ਬੋਲਦਿਆਂ ਇਨ੍ਹਾਂ ਤਿੰਨਾਂ ਸ਼ਖਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਾਜ਼ਰ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਤਸਵੀਰਾਂ ਲੱਗਣ ਵਾਲੀਆਂ ਸ਼ਖਸੀਅਤਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪ੍ਰਮੁੱਖ ਹਸਤੀਆਂ ਦਾ ਸਨਮਾਨ ਵੀ ਕੀਤਾ ਗਿਆ।
ਸਮਾਗਮ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਖ਼ਾਲਸਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਈ। ਸਮਾਗਮ ਵਿੱਚ SGPC ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਡਾ. ਧਰਮਵੀਰ ਸਿੰਘ ਕਾਰਸੇਵਾ ਬਾਬਾ ਅਟੱਲ ਰਾਏ ਸਾਹਿਬ, ਓਐਸਡੀ ਸਤਬੀਰ ਸਿੰਘ ਧਾਮੀ ਸਮੇਤ ਹੋਰ ਅਧਿਕਾਰੀ ਅਤੇ ਸੰਗਤ ਹਾਜ਼ਰ ਸਨ।