ਚੰਡੀਗੜ੍ਹ, 25 ਅਕਤੂਬਰ — ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਬੇਨਾਮੀ ਜਾਇਦਾਦਾਂ ਦੀ ਵੀ ਹੁਣ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਏਜੰਸੀ ਨੇ ਭੁੱਲਰ ਦੇ ਘਰ ਅਤੇ ਲਾਕਰਾਂ ਤੋਂ ਮਿਲੇ ਜਾਇਦਾਦੀ ਦਸਤਾਵੇਜ਼ਾਂ ਦਾ ਤਹਿਸੀਲ ਦਫ਼ਤਰਾਂ ਵਿੱਚ ਰਿਕਾਰਡ ਨਾਲ ਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ।
ਸੀਬੀਆਈ ਨੂੰ ਸ਼ੱਕ ਹੈ ਕਿ ਭੁੱਲਰ ਨੇ ਕਈ ਜਾਇਦਾਦਾਂ ਹੋਰ ਲੋਕਾਂ ਦੇ ਨਾਮ ‘ਤੇ ਖਰੀਦੀਆਂ ਹੋ ਸਕਦੀਆਂ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਜਾਂ ਵਿਅਕਤੀਆਂ ਦੇ ਨਾਮ ਰਜਿਸਟਰਾਂ ਵਿੱਚ ਦਰਜ ਹਨ, ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਭੁੱਲਰ ਦੀ ਮਾਸਿਕ ਤਨਖਾਹ ₹2.16 ਲੱਖ ਹੈ, ਪਰ ਉਸਦੇ ਕੋਲ ₹15 ਕਰੋੜ ਤੋਂ ਵੱਧ ਦੀ ਜਾਇਦਾਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਸਦੇ ਕੋਲ ਜਲੰਧਰ, ਮੋਹਾਲੀ, ਲੁਧਿਆਣਾ ਅਤੇ ਕਪੂਰਥਲਾ ਵਰਗੇ ਵੱਡੇ ਸ਼ਹਿਰਾਂ ਵਿੱਚ ਜਾਇਦਾਦਾਂ ਹਨ। ਪਿਛਲੇ ਛੇ ਸਾਲਾਂ ਦੌਰਾਨ ਹਾਸਲ ਕੀਤੀਆਂ ਸਾਰੀਆਂ ਜਾਇਦਾਦਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ।
ਸੀਬੀਆਈ ਨੇ 16 ਅਕਤੂਬਰ ਨੂੰ ਭੁੱਲਰ ਅਤੇ ਉਸਦੇ ਸਾਥੀ ਦਲਾਲ ਕ੍ਰਿਸ਼ਨੂ ਨੂੰ ਗ੍ਰਿਫ਼ਤਾਰ ਕੀਤਾ ਸੀ। ਕ੍ਰਿਸ਼ਨੂ ਨੂੰ ਮੰਡੀ ਗੋਬਿੰਦਗੜ੍ਹ ਦੇ ਕਬਾੜ ਡੀਲਰ ਆਕਾਸ਼ ਬੱਤਰਾ ਤੋਂ ₹8 ਲੱਖ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ, ਜਿਸ ਤੋਂ ਬਾਅਦ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਦੋਵਾਂ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 31 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਰਕਾਰ ਨੇ ਡੀਆਈਜੀ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ।