ਅੰਮ੍ਰਿਤਸਰ:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਆਸਾਮ ਤੋਂ ਸ਼ੁਰੂ ਕੀਤਾ ਗਿਆ ਦੇਸ਼ ਪੱਧਰੀ ਸ਼ਹੀਦੀ ਨਗਰ ਕੀਰਤਨ ਕਈ ਸੂਬਿਆਂ ਤੋਂ ਲੰਘਦਿਆਂ ਦਿੱਲੀ ਤੋਂ ਅੱਗੇ ਰਵਾਨਾ ਹੋ ਗਿਆ ਹੈ।
ਇਹ ਨਗਰ ਕੀਰਤਨ 22 ਅਕਤੂਬਰ ਨੂੰ ਦਿੱਲੀ ਪੁੱਜਿਆ ਸੀ ਅਤੇ ਚਾਰ ਦਿਨਾਂ ਤੱਕ ਸੰਗਤਾਂ ਨੇ ਵੱਖ ਵੱਖ ਥਾਵਾਂ ਉੱਤੇ ਭਰਵਾਂ ਸਵਾਗਤ ਕੀਤਾ। ਅੱਜ ਇਹ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅੱਗੇ ਲਈ ਰਵਾਨਾ ਹੋਇਆ।
ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ. ਪਰਮਜੀਤ ਸਿੰਘ ਸਰਨਾ ਤੇ ਸ. ਮਨਜੀਤ ਸਿੰਘ ਜੀਕੇ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
ਧਾਮੀ ਨੇ ਕਿਹਾ ਕਿ ਨਗਰ ਕੀਰਤਨ ਦਾ ਮਕਸਦ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਸੰਦੇਸ਼ ਦੁਨੀਆਂ ਤੱਕ ਪਹੁੰਚਾਉਣਾ ਹੈ, ਜਿਸ ਵਿਚ ਕਮੇਟੀ ਸਫਲ ਰਹੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਉਪਰਾਲਾ ਗੁਰੂ ਇਤਿਹਾਸ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਦੀ ਮਹੱਤਵਪੂਰਨ ਕੜੀ ਹੈ।
ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਬਲਜੀਤ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ਵਿਚ ਸੰਗਤਾਂ ਤੇ ਸਿੱਖ ਆਗੂ ਹਾਜ਼ਰ ਰਹੇ।