ਪੰਜਾਬ ’ਚ ਮਾਨ ਸਰਕਾਰ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਕੀਤੇ ਜਾ ਰਹੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋਏ ਜਦੋਂ ਆਮ ਆਦਮੀ ਪਾਰਟੀ (AAP) ਦੇ ਆਗੂ ਨਿਤਿਨ ਨੰਦਾ ’ਤੇ ਇੱਕ ਵਿਅਕਤੀ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗਮਪੁਰ ਵਿੱਚ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ, ਨਿਤਿਨ ਨੰਦਾ ਪਿੰਡ ਅਗਮਪੁਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਅਚਾਨਕ ਉਨ੍ਹਾਂ ’ਤੇ ਕਈ ਰਾਊਂਡ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਰੈਫਰ ਕਰ ਦਿੱਤਾ। ਘਟਨਾ ਦੀ ਖ਼ਬਰ ਮਿਲਦੇ ਹੀ ਅਨੰਦਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਸਥਾਨ ਤੋਂ ਕੁਝ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਹਨ। ਅਧਿਕਾਰੀਆਂ ਦੇ ਮੁਤਾਬਿਕ, ਹਮਲਾਵਰ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਫਿਲਹਾਲ, ਨਿਤਿਨ ਨੰਦਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਪੁਲਿਸ ਨੇ ਮਾਮਲੇ ਵਿੱਚ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ।