ਲਾਹੌਰ (ਪਾਕਿਸਤਾਨ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਵਿੱਚ ਦਰਸ਼ਨ ਕਰਕੇ ਸਿੱਖ ਸ਼ਰਧਾਲੂ ਜਦੋਂ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਹੁੰਚੇ, ਤਾਂ ਉਥੇ ਹੋਏ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨੇ ਵਿਵਾਦ ਖੜ੍ਹਾ ਕਰ ਦਿੱਤਾ। ਸਿੱਖ ਸੰਗਤਾਂ ਨੇ ਦੋਸ਼ ਲਗਾਇਆ ਕਿ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGMC) ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਇਹ ਪ੍ਰੋਗਰਾਮ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਸ਼ਰੀਫ ਵੱਲੋਂ ਆਯੋਜਿਤ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ, ਗੁਰਦੁਆਰਾ ਡੇਰਾ ਸਾਹਿਬ ਦੇ ਪਿੱਛੇ ਬਾਰਾਦਰੀ ਪਾਰਕ ਵਿਖੇ ਮੰਚ ਲਗਾਇਆ ਗਿਆ, ਜਿੱਥੇ ਪਹਿਲਾਂ ਸਿੱਖ ਜਥਿਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਅਦ ਵਿੱਚ ਪਾਕਿਸਤਾਨੀ ਗਾਇਕਾਂ ਵੱਲੋਂ ਨਾਚ-ਗਾਣੇ ਦੇ ਪ੍ਰੋਗਰਾਮ ਪੇਸ਼ ਕੀਤੇ ਗਏ।
ਸਿੱਖ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਬਰਦਸਤੀ ਭੰਗੜਾ ਪਾਉਣ ਅਤੇ ਠੁਮਕੇ ਲਗਾਉਣ ਲਈ ਮਜਬੂਰ ਕੀਤਾ ਗਿਆ। ਕਈ ਸੰਗਤਾਂ ਨੇ ਇਸ ਪ੍ਰੋਗਰਾਮ ਦਾ ਖੁੱਲ੍ਹਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਅਰਦਾਸਾਂ ਤੇ ਕੀਰਤਨ ਵਿੱਚ ਸ਼ਾਮਲ ਹੋਣ ਆਏ ਸਨ, ਨਾ ਕਿ ਰੰਗਾਰੰਗ ਮਨੋਰੰਜਨ ਪ੍ਰੋਗਰਾਮਾਂ ਵਿੱਚ।
ਇਸ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਦ੍ਰਿਸ਼ਾਂ ਵਿੱਚ ਅਰੋੜਾ ਦੇ ਭਰਾ ਇੰਦਰਜੀਤ ਸਿੰਘ ਨੂੰ ਵੀ ਮੰਚ 'ਤੇ ਨੱਚਦੇ ਹੋਏ ਦੇਖਿਆ ਗਿਆ, ਜਿਸ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਪੈਦਾ ਹੋਇਆ ਹੈ।
ਧਾਰਮਿਕ ਵਰਗਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਗੁਰਪੁਰਬ ਵਰਗੇ ਪਵਿੱਤਰ ਅਵਸਰਾਂ 'ਤੇ ਇਸ ਤਰ੍ਹਾਂ ਦੇ ਮਨੋਰੰਜਨ ਪ੍ਰੋਗਰਾਮ ਸਿੱਖ ਮਰਿਆਦਾ ਦੇ ਖਿਲਾਫ ਹਨ ਅਤੇ ਪਾਕਿਸਤਾਨ ਸਰਕਾਰ ਨੂੰ ਇਸ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ।