Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਸ਼ਹੀਦ-ਏ-ਆਜ਼ਮ ਭਗਤ ਸਿੰਘ

September 28, 2021 11:08 PM
 
 
ਸ਼ਹੀਦ-ਏ-ਆਜ਼ਮ ਭਗਤ ਸਿੰਘ 
 
 
 
ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਜਦੋਂ ਯੋਧਿਆਂ ਦੀ ਗੱਲ ਚਲਦੀ ਹੈ ਤਾਂ ਭਗਤ ਸਿੰਘ ਸਾਹਮਣੇ ਆ ਜਾਂਦਾ ਹੈ । ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਜ਼ਿਲ੍ਹਾ ਲਾਇਲਪੁਰ ਦੇ ਪਿੰਡ ਬੰਗਾ (ਪੰਜਾਬ, ਮੌਜੂਦਾ ਪਾਕਿਸਤਾਨ) ਵਿਚ ਹੋਇਆ। ਉਨ੍ਹਾਂ ਦਾ ਜੱਦੀ ਘਰ ਅੱਜ ਵੀ ਭਾਰਤੀ ਪੰਜਾਬ ਦੇ ਨਵਾਂਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿਖੇ ਸਥਿਤ ਹੈ।
ਭਗਤ ਸਿੰਘ ਦੇ ਦਾਦਾ ਸ:ਅਰਜਨ ਸਿੰਘ ਇੱਕ ਵਾਹੀਕਾਰ ਅਤੇ ਨਾਲ-ਨਾਲ ਯੂਨਾਨੀ ਹਿਕਮਤ ਦਾ ਵੀ ਗਿਆਨ ਰੱਖਦੇ ਸਨ। ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਸਮਾਜ ਸੇਵਕ ਸਨ। 1906 ਵਿੱਚ ਕਿਸ਼ਨ ਸਿੰਘ ਕਾਂਗਰਸ ਦੇ ਮੈਂਬਰ ਬਣੇ ਅਤੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ । ਇਸ ਦੇ ਨਾਲ ਨਾਲ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੀ ਇੱਕ ਸਿਰਕੱਢ ਸਵਤੰਤਰਤਾ ਸੰਗਰਾਮੀ ਅਤੇ ਪ੍ਰਭਾਵਸ਼ਾਲੀ ਬੁਲਾਰੇ ਸਨ। ਭਗਤ ਸਿੰਘ ਆਪਣੇ ਚਾਚਾ ਅਜੀਤ ਸਿੰਘ ਦੀ ਸ਼ਖਸ਼ੀਅਤ ਤੋਂ ਵਧੇਰੇ ਪ੍ਰਭਾਵਿਤ ਸਨ ਅਤੇ ਇਸ ਦੇ ਨਾਲ ਨਾਲ ਭਗਤ ਦੇ ਕੋਮਲ ਹਿਰਦੇ ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਗਹਿਰਾ ਅਸਰ ਪਿਆ। ਇਹ ਵੀ ਕਿਹਾ ਜਾਂਦਾ ਹੈ ਕਿ ਭਗਤ ਸਿੰਘ ਸਰਾਭੇ ਦੀ ਫ਼ੋਟੋ ਹਮੇਸ਼ਾਂ ਆਪਣੀ ਜੇਬ ਵਿੱਚ ਰੱਖਿਆ ਕਰਦਾ ਸਨ। 
ਭਗਤ ਸਿੰਘ ਦੀ ਸ਼ੁਰੂਆਤੀ ਤਾਲੀਮ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿਖੇ ਹੋਈ। ਇਸ ਤੋਂ ਬਾਅਦ ਉਹ ਡੀਏਵੀ ਹਾਈ ਸਕੂਲ ਲਾਹੌਰ 'ਚ ਦਾਖ਼ਲ ਹੋਏ। 1923 ਵਿਚ ਉਨ੍ਹਾਂ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲਾ ਲੈ ਲਿਆ ਤੇ ਕਾਲਜ ਦੇ ਮਾਹੌਲ ਵਿਚ ਹੀ ਘੁਲਮਿਲ ਗਏ ਅਤੇ ਕਾਲਜ ਦੀ ਡਰਾਮਾ ਕਮੇਟੀ ਦੇ ਸਰਗਰਮ ਮੈਂਬਰ ਵਜੋਂ ਆਪਣੀ ਵੱਖਰੀ ਪਛਾਣ ਬਣਾਈ। ਇਸ ਦੌਰਾਨ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਇਕ ਲੇਖ ਮੁਕਾਬਲੇ 'ਚੋਂ ਉਨ੍ਹਾਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਭਗਤ ਸਿੰਘ ਨੂੰ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਅਤੇ ਸੰਸਕ੍ਰਿਤ ਭਾਸ਼ਾਵਾਂ 'ਤੇ ਖਾਸੀ ਸੀ। ਉਨ੍ਹਾਂ ਨੂੰ ਬੰਗਲਾ ਭਾਸ਼ਾ ਦਾ ਵੀ ਗਿਆਨ ਸੀ ‘ਬੰਗਲਾ’, ਜੋ ਉਨ੍ਹਾਂ ਨੇ ਬੁਟਕੇਸ਼ਵਰ ਦੱਤ ਤੋਂ ਸਿੱਖੀ ਸੀ। ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਹਿੱਸਾ ਬਣ ਕੇ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ।
ਇਸੇ ਦੌਰਾਨ ਅੰਮ੍ਰਿਤਸਰ ’ਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਕਾਂਡ ਨੇ, ਜਿੱਥੇ ਦੇਸ਼ ਦੇ ਆਮ ਲੋਕਾਂ ਅਤੇ ਵਿਸ਼ੇਸ਼ ਕਰ ਸੁਤੰਤਰਤਾ ਸੰਗਰਾਮੀਆਂ ਦੇ ਦਿਲਾਂ ਨੂੰ ਵਲੂੰਧਰ ਕੇ ਰੱਖ ਦਿੱਤਾ, ਉੱਥੇ ਇਸ ਕਤਲੇਆਮ ਨੇ ਭਗਤ ਸਿੰਘ ਦੀ ਸੋਚ ਉੱਤੇ ਵੀ ਡੂੰਘਾ ਅਸਰ ਛੱਡਿਆ। ਅਗਲੇ ਦਿਨਾਂ ਵਿੱਚ ਓਹ ਅਮ੍ਰਿਤਸਰ ਚਲੇ ਗਏ ਤੇ ਉਸ ਬਾਗ ਵਿਚੋਂ ਖੂਨ ਨਾਲ ਭਰੀ ਮਿਟੀ ਆਪਣੇ ਨਾਲ ਲੈਕੇ ਵਾਪਸ ਆਏ। ਇਸ ਘਟਨਾ ਨੇ ਉਨ੍ਹਾਂ ਦੇ ਦਿਲ ’ਚ ਅੰਗਰੇਜ਼ਾਂ ਖਿਲਾਫ਼ ਨਫਰਤ ਭਰ ਦਿੱਤੀ। 1921 ’ਚ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਵੀ ਉਨ੍ਹਾਂ ਦੇ ਮਨ ’ਤੇ ਡੂੰਘੀ ਛਾਪ ਛੱਡੀ। ਉਹ ਆਪਣੇ ਪਿੰਡ ਵਿੱਚੋਂ ਲੰਘੇ ਜਾਂਦੇ ਅੰਦੋਲਨ ਕਾਰੀਆਂ ਨੂੰ ਲੰਗਰ ਛਕਾਇਆ ਕਰਦੇ ਸਨ। ਫਿਰ ਗਾਂਧੀ ਦਾ ਅੰਦੋਲਨ ਸ਼ੁਰੂ ਹੋਇਆ ਤੇ ਕਿੰਨੇ ਨੌਜਵਾਨ ਸਕੂਲਾਂ ਤੇ ਕਾਲਜਾਂ ਨੂੰ ਛੱਡ ਆਜ਼ਾਦੀ ਦੀ ਲੜਾਈ ’ਚ ਕੁੱਦ ਪਏ, ਇਨ੍ਹਾਂ ’ਚੋਂ ਭਗਤ ਸਿੰਘ ਵੀ ਇਕ ਸੀ।
ਭਗਤ ਸਿੰਘ ਜਦੋਂ ਕਾਨਪੁਰ ਪਹੁੰਚੇ ਤਾਂ ਉਹ ਉਥੇ ਸ਼ੰਕਰ ਵਿਦਿਆਰਥੀ, ਬੀ .ਕੇ .ਦਤ, ਚੰਦਰ ਸ਼ੇਖਰ ਅਜਾਦ ਤੇ ਕੁਝ ਹੋਰ ਬੰਗਾਲੀ ਕ੍ਰਾਂਤੀਕਾਰੀਆਂ ਦੇ ਸੰਪਰਕ ਵਿਚ ਆਏ ਅਤੇ ,”ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਦੇ ਮੈਂਬਰ ਬਣ ਗਏ । ਉਨ੍ਹਾਂ ਦਿਨਾਂ ਵਿਚ ਗੁਰੁਦਵਾਰਿਆਂ ਦੀ ਆਜ਼ਾਦੀ ਲਈ ਜੈਤੋਂ ਦਾ ਮੋਰਚਾ ਲਗਾ ਹੋਇਆ ਸੀ ਜਿਸਦਾ ਉਨ੍ਹਾਂ ਪੂਰੇ ਇੱਕਠ ਨੂੰ ਲੰਗਰ ਛਕਾਇਆ ਜਿਸ ਦੇ ਫਲਸਰੂਪ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਰੰਟ ਜਾਰੀ ਹੋਏ।ਜਦੋਂ ਕਿ 1927 ਵਿਚ ਨੋਜਵਾਨ ਭਾਰਤ ਸਭਾ ਦੀ ਨੀਂਹ ਰਖੀ ਗਈ।ਜਿਸਦਾ ਬਾਅਦ ਵਿਚ ਨਾਂ ਬਦਲਕੇ “ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਰੱਖ ਦਿੱਤਾ ਗਿਆ। ਚੰਦਰ ਸ਼ੇਖਰ ਅਜਾਦ ਤੇ ਭਗਤ ਸਿੰਘ ਇਸਦੇ ਸੰਚਾਲਕ ਸਨ। ਇਸੇ ਦੌਰਾਨ 1927 ਵਿੱਚ ਕਾਕੋਰੀ ਕਾਂਡ (ਰੇਲਗੱਡੀ ਡਾਕੇ) ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਉੱਤੇ ਲਾਹੌਰ ਅਤੇ ਦੁਸਹਿਰੇ ਮੇਲੇ ਦੌਰਾਨ ਬੰਬ ਸੁਟਣ ਦਾ ਵੀ ਦੋਸ਼ ਮੜ੍ਹਿਆ ਗਿਆ। ਕੁਝ ਸਮੇਂ ਬਾਅਦ ਚੰਗੇ ਵਿਵਹਾਰ ਕਾਰਨ ਜ਼ਮਾਨਤ ਦੀ ਭਾਰੀ ਰਕਮ ਦੇ ਇਵਜ਼ 'ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।ਭਗਤ ਸਿੰਘ ਨੇ ਸੰਘਰਸ਼ ਜਾਰੀ ਰੱਖਿਆ ਅਤੇ ਦੇਸ਼ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। 
ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਤੇ ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ ਵਿਚ ਸਹਾਇਕ ਪੁਲਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰ-ਮੁਕਾਇਆ। ਇਸ ਕਾਰਨਾਮੇ ਨੂੰ ਅੰਜਾਮ ਦੇਣ ਲਈ ਚੰਦਰ ਸ਼ੇਖਰ ਆਜ਼ਾਦ ਨੇ ਵੀ ਆਪ ਦੀ ਸਹਾਇਤਾ ਕੀਤੀ। ਆਪਣੇ ਇਕ ਹੋਰ ਕ੍ਰਾਂਤੀਕਾਰੀ ਸਾਥੀ ਬੁਟਕੇਸ਼ਵਰ ਦੱਤ ਦੇ ਨਾਲ ਮਿਲ ਕੇ ਆਪ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿਚ 8 ਅਪ੍ਰੈਲ 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਅਤੇ ਪਰਚੇ ਸੁੱਟੇ। ਬੰਬ ਸੁੱਟਣ ਉਪਰੰਤ ਦੋਵਾਂ ਨੇ ਉੱਥੇ ਗ੍ਰਿਫ਼ਤਾਰੀ ਦੇ ਦਿੱਤੀ।
ਜੇਲ੍ਹ ਵਿਚ ਭਗਤ ਸਿੰਘ ਨੇ ਲਗਪਗ 2 ਸਾਲ ਗੁਜ਼ਾਰੇ। ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਜ਼ਰਾ ਵੀ ਕੋਸ਼ਿਸ਼ ਨਹੀਂ ਕੀਤੀ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤਕ ਲੜਨ ਦਾ ਐਲਾਨ ਕੀਤਾ। ਮਜ਼ਦੂਰਾਂ ਦਾ ਸ਼ੋਸ਼ਣ ਕਰਨ ਵਾਲੇ ਪੂੰਜੀਪਤੀਆਂ ਨੂੰ ਉਨ੍ਹਾਂ ਆਪਣਾ ਦੁਸ਼ਮਣ ਐਲਾਨਿਆ। ਉਨ੍ਹੀਂ ਦਿਨੀਂ ਉਨ੍ਹਾਂ ਇਕ ਆਰਟੀਕਲ ਲਿਖਿਆ ਜਿਸ ਦਾ ਸਿਰਲੇਖ਼ ਸੀ 'ਮੈਂ ਨਾਸਤਕ ਕਿਉਂ ਹਾਂ।' ਜੇਲ੍ਹ ਵਿਚ ਭਗਤ ਸਿੰਘ ਅਤੇ ਉਸ ਦੇ ਬਾਕੀ ਸਾਥੀਆਂ ਨੇ 64 ਦਿਨਾਂ ਤਕ ਭੁੱਖ ਹੜਤਾਲ ਕੀਤੀ ਜੋ ਗਾਂਧੀਵਾਦੀ ਤਰੀਕਿਆਂ ਦੀ ਅਦੁੱਤੀ ਮਿਸਾਲ ਹੈ। ਭਗਤ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਲਾਹੌਰ ਵਿਚ ਸਾਂਡਰਸ ਦੇ ਕਤਲ, ਅਸੈਂਬਲੀ ਵਿਚ ਬੰਬ ਧਮਾਕਾ ਆਦਿ ਕੇਸ ਚੱਲੇ।
ਸੱਤ ਅਕਤੂਬਰ 1930 ਨੂੰ ਟ੍ਰਿਬਿਊਨਲ ਦਾ ਫ਼ੈਸਲਾ ਜੇਲ੍ਹ ਵਿਚ ਪਹੁੰਚਿਆ, ਜਿਸ ਅਨੁਸਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ, ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਵੀਰ ਸਿੰਘ ਨੂੰ ਉਮਰ ਕੈਦ, ਕੁੰਦਨ ਲਾਲ ਨੂੰ 7 ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਬੁਟਕੇਸ਼ਵਰ ਦੱਤ ਅਤੇ ਭਗਤ ਸਿੰਘ ਨੂੰ ਅਸੈਂਬਲੀ ਬੰਬ ਕਾਂਡ ਲਈ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਅਤੇ 23 ਮਾਰਚ 1931 ਨੂੰ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈ। ਇਹ ਵੀ ਕਿਹਾ ਜਾਂਦਾ ਹੈ ਕਿ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਫਾਂਸੀ ਉਪਰੰਤ ਅਵਾਮ ਦਾ ਕੋਈ ਅਹਿਤਜਾਜ ਜਾਂ ਅੰਦੋਲਨ ਨਾ ਭੜਕ ਜਾਵੇ, ਇਸ ਡਰੋਂ ਅੰਗਰੇਜ਼ਾਂ ਨੇ ਪਹਿਲਾਂ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜੇ ਕੀਤੇ ਅਤੇ ਫਿਰ ਬੋਰੀਆਂ ਵਿਚ ਭਰ ਕੇ ਫਿਰੋਜ਼ਪੁਰ ਵੱਲ ਲੈ ਗਏ। ਜਿੱਥੇ ਮਿੱਟੀ ਦਾ ਤੇਲ ਪਾ ਕੇ ਉਨ੍ਹਾਂ ਨੂੰ ਸਾੜਿਆ ਗਿਆ ਤੇ ਅੱਧ-ਸੜੀਆਂ ਲਾਸ਼ਾਂ ਸਤਲੁਜ ਦਰਿਆ 'ਚ ਸੁੱਟ ਦਿੱਤੀਆਂ।
ਭਗਤ ਸਿੰਘ ਨੂੰ ਫਾਂਸੀ ਲਗਾਏ ਜਾਣ ਬਾਅਦ ਦਿਲੀ ਵਿਖੇ ਹੋਏ ਇਕ ਜਲਸੇ ’ਚ ਸੁਭਾਸ਼ ਚੰਦਰ ਬੋਸ ਨੇ ਕਿਹਾ ਸੀ ਕਿ ‘ਭਗਤ ਸਿੰਘ ਇੱਕ ਵਿਅਕਤੀ ਨਹੀਂ -ਉਹ ਇਕ ਨਿਸ਼ਾਨ ਹੈ , ਇਕ ਚਿੰਨ ਹੈ ਉਸ ਇਨਕਲਾਬ ਦਾ, ਜਿਹੜਾ ਉਸ ਦੀਆਂ ਕੁਰਬਾਨੀਆਂ ਸਦਕਾ ਹਰ ਦੇਸ਼ ਵਾਸੀ ਦੇ ਸੀਨੇ ਵਿਚ ਮਘਦੀ ਅੱਗ ਦੀ ਤਰਾਂ ਬਲ ਉਠਿਆ ਹੈ"। ਪੰਡਤ ਜਵਾਹਰ ਲਾਲ ਨੇ ਲਿਖਿਆ ਸੀ ਕਿ ” ਇਹ ਨੌਜਵਾਨ ਗੱਭਰੂ ਅਚਨਚੇਤ ਇਤਨਾ ਹਰਮਨ ਪਿਆਰਾ ਹੋ ਗਿਆ ਹੈ। ਸਾਨੂੰ ਉਸਦੀ ਸ਼ਹਾਦਤ ਤੋਂ ਸਬਕ ਸਿਖਣਾ ਚਾਹੀਦਾ ਹੈ ਕਿ ਦੇਸ਼ ਤੇ ਕੌਮ ਦੀ ਆਜ਼ਾਦੀ ਲਈ ਕਿਵੇਂ ਹੱਸ ਹੱਸ ਕੇ ਮਰਿਆ ਜਾਂਦਾ ਹੈ”
ਅੱਜ ਦੇਸ਼ ਨੂੰ ਆਜ਼ਾਦ ਹੋਇਆਂ ਸੱਤ ਦਹਾਕਿਆਂ ਤੋਂ ਵੀ ਉਪਰ ਸਮਾਂ ਬੀਤ ਚੁੱਕਾ ਹੈ । ਪਰ ਅਫਸੋਸ ਕਿ ਹਾਲੇ ਤੱਕ ਦੇਸ਼ ਉਹੋ ਜਿਹਾ ਨਹੀਂ ਬਣ ਸਕਿਆ ਜਿਹੋ ਜਿਹੇ ਦੇਸ਼ ਦੀ ਭਗਤ ਸਿੰਘ ਹੁਰਾਂ ਨੇ ਕਲਪਨਾ ਕੀਤੀ ਹੋਵੇਗੀ । ਦੇਸ਼ ’ਚ ਅੱਜ ਗ਼ਰੀਬੀ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਆਪਣੀ ਚਰਮ ਤੇ ਹੈ। ਇਸ ਦੇ ਨਾਲ ਨਾਲ ਲੋਕਾਂ ਦੀ ਹੱਕੀ ਆਵਾਜ਼ਾਂ ਨੂੰ ਦਬਾਉਣ ਲਈ ਜਿਸ ਤਰ੍ਹਾਂ ਦੇ ਹਰਬੇ ਅਪਣਾਏ ਜਾ ਰਹੇ ਹਨ ਉਹ ਸਾਡੀ ਲੋਕਤੰਤਰਿਕ ਪ੍ਰਣਾਲੀ ਤੇ ਗਹਿਰੀ ਸੱਟ ਮਾਰਦੇ ਹਨ। ਇੰਝ ਲੱਗਦਾ ਹੈ ਕਿ ਜਿਵੇਂ ਮੌਜੂਦਾ ਸ਼ਾਸਕਾਂ ਨੂੰ ਦੇਸ਼ ਨੂੰ ਦਰਪੇਸ਼ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ। ਚਿੰਤਾ ਵਾਲੀ ਗੱਲ ਇਹ ਵੀ ਹੈ ਕਿ ਅੱਜ ਅਕਸਰ ਵੱਡੇ ਮੀਡੀਆ ਘਰਾਣੇ ਕਾਰਪੋਰੇਟ ਘਰਾਣਿਆਂ ਦੀ ਜਗੀਰ ਬਣ ਚੁੱਕੇ ਹਨ ਜਿਸ ਦੇ ਚਲਦਿਆਂ ਅੱਜ ਵਧੇਰੇ ਕਰਕੇ ਮੀਡੀਆ ਇੱਕ ਗਿਣੀ ਮਿੱਥੀ ਸਕ੍ਰਿਪਟ ਤੇ ਕੰਮ ਕਰਦੇ ਹੋਏ ਮਹਿਸੂਸ ਹੁੰਦਾ ਹੈ ਉਹਨਾਂ ਲੋਈ ਦੇ ਹਕੀਕੀ ਮਸਲਿਆਂ ਨੂੰ ਉਠਾਉਣ ਵੱਲ ਕੋਈ ਧਿਆਨ ਨਹੀਂ ਹੈ ਸਗੋਂ ਅੱਜ ਤਾਂ ਮੀਡੀਆ ਗੰਭੀਰ ਮਸਲਿਆਂ ਤੋਂ ਅਵਾਮ ਦਾ ਧਿਆਨ ਹਟਾਉਣ ਲਈ ਫਜੂਲ ਕਿਸਮ ਦੇ ਮਸਲਿਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰਦਾ ਨਜ਼ਰ ਆ ਰਿਹਾ ਹੈ। ਜੇਕਰ ਪਿਛਲੇ ਕੁੱਝ ਸਾਲਾਂ ਤੋਂ ਮੀਡੀਆ ਕਵਰੇਜ ਦੀ ਗੱਲ ਕਰੀਏ ਤਾਂ ਸਾਨੂੰ ਸੋਸ਼ਲ ਅਤੇ ਮੇਨ ਸਟਰੀਮ ਮੀਡੀਆ ਤੇ ਲੋਕਾਂ ਵਿਚ ਫੁੱਟ ਪਾਉਣ ਵਾਲੀਆਂ ਫਰਜੀ ਤੇ ਝੂਠੀਆਂ ਖਬਰਾਂ ਦੀ ਇਕ ਭਰਮਾਰ ਵਿਖਾਈ ਦਿੰਦੀ ਹੈ। ਦਰਅਸਲ ਅੱਜ ਦਾ ਬੇਸ਼ਤਰ ਮੀਡੀਆ ਬੇਲੋੜੇ ਅਤੇ ਆਧਾਰਹੀਣ ਇਸ਼ੂ ਪੈਦਾ ਕਰ ਭੋਲੇ-ਭਾਲੇ ਲੋਕਾਂ ਦੀ ਬੁੱਧੀ ਦਾ ਸੋਸ਼ਣ ਕਰਦਾ ਜਾਪਦਾ ਹੈ। 
ਪਿਛਲੇ ਇੱਕ ਸਾਲ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਜਿਸ ਤਰ੍ਹਾਂ ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੜਕਾਂ ਤੇ ਹਨ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਉਹ ਯਕੀਨਨ ਡਾਢੀ ਚਿੰਤਾ ਦਾ ਵਿਸ਼ਾ ਹੈ। ਦੇਸ਼ ਵਿੱਚ ਵਿਚਰ ਰਹੇ ਅਜਿਹੇ ਹਾਲਾਤਾਂ ਨੂੰ ਵੇਖ ਯਕੀਨਨ ਭਗਤ ਸਿੰਘ ਦੀ ਆਤਮਾ ਵੀ ਦੁਖੀ ਹੁੰਦੀ ਹੋਵੇਗੀ..! 
 
 
ਅੱਬਾਸ ਧਾਲੀਵਾਲ 
ਮਲੇਰਕੋਟਲਾ ।
 
 

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ